ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਨਰਮਾ ਖਰੀਦ ‘ਤੇ ਕੇਂਦਰ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ
ਸੀ.ਸੀ.ਆਈ. ਦੀ ਗੈਰ-ਹਾਜ਼ਰੀ ‘ਤੇ ਚਿੰਤਾ ਜ਼ਾਹਰ – ਕਿਸਾਨ ਐਮ.ਐਸ.ਪੀ. ਤੋਂ ਘੱਟ ‘ਤੇ ਵੇਚਣ ‘ਤੇ ਮਜਬੂਰ
ਚੰਡੀਗੜ੍ਹ, 24 ਸਤੰਬਰ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਨਰਮਾ ਕਾਸ਼ਤਕਾਰਾਂ ਲਈ ਵੱਡੀ ਗੁਹਾਰ ਲਾਉਂਦਿਆਂ ਕੇਂਦਰ ਸਰਕਾਰ ਤੋਂ ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ (ਸੀ.ਸੀ.ਆਈ.) ਰਾਹੀਂ ਤੁਰੰਤ ਖਰੀਦ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 7,710 ਰੁਪਏ ਪ੍ਰਤੀ ਕੁਇੰਟਲ ‘ਤੇ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਨਿੱਜੀ ਵਪਾਰੀਆਂ ਨੂੰ ਘੱਟ ਕੀਮਤ ‘ਤੇ ਵੇਚਣੀ ਪੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ “ਚਿੱਟੇ ਸੋਨੇ” ਦੀਆਂ ਆਮਦਾਂ ਮੰਡੀਆਂ ਵਿੱਚ ਹੋ ਰਹੀਆਂ ਹਨ, ਪਰ ਸੀ.ਸੀ.ਆਈ. ਦੀ ਗੈਰ-ਮੌਜੂਦਗੀ ਕਿਸਾਨਾਂ ਲਈ ਵੱਡੀ ਚਿੰਤਾ ਬਣੀ ਹੋਈ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਰਗਰਮ ਪਹਿਲਕਦਮੀਆਂ, ਜਿਵੇਂ ਕਿ ਨਰਮੇ ਦੇ ਹਾਈਬ੍ਰਿਡ ਬੀਜਾਂ ‘ਤੇ 33 ਫੀਸਦੀ ਸਬਸਿਡੀ ਦੇ ਕਾਰਨ ਇਸ ਸਾਲ ਨਰਮੇ ਦਾ ਰਕਬਾ 20 ਫੀਸਦੀ ਵੱਧ ਕੇ 1.19 ਲੱਖ ਹੈਕਟੇਅਰ ਹੋ ਗਿਆ ਹੈ। “ਜਦੋਂ ਪੰਜਾਬ ਦੇ ਕਿਸਾਨਾਂ ਅਤੇ ਸਰਕਾਰ ਨੇ ਆਪਣਾ ਕੰਮ ਇਮਾਨਦਾਰੀ ਨਾਲ ਪੂਰਾ ਕੀਤਾ ਹੈ ਤਾਂ ਕੇਂਦਰ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਤੁਰੰਤ ਖਰੀਦ ਪ੍ਰਕਿਰਿਆ ਸ਼ੁਰੂ ਕਰਨੀ ਚਾਹੀਦੀ ਹੈ,” ਉਨ੍ਹਾਂ ਕਿਹਾ।
ਮੰਤਰੀ ਨੇ ਚੇਤਾਵਨੀ ਦਿੱਤੀ ਕਿ ਐਮਐਸਪੀ ਤੋਂ ਘੱਟ ਕੀਮਤ ‘ਤੇ ਨਰਮਾ ਵੇਚਣ ਨਾਲ ਕਿਸਾਨਾਂ ਦਾ ਸਰਕਾਰੀ ਪ੍ਰਣਾਲੀ ‘ਤੇ ਭਰੋਸਾ ਟੁੱਟ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸੀ.ਸੀ.ਆਈ. ਬਿਨਾਂ ਕਿਸੇ ਹੋਰ ਦੇਰੀ ਦੇ ਖਰੀਦ ਸ਼ੁਰੂ ਕਰੇ, ਤਾਂ ਜੋ ਕਿਸਾਨਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।