ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੀ ਏਆਈ ਵੀਡੀਓ ਮਾਮਲੇ ‘ਚ ਬੋਲੇ ਜਥੇਦਾਰ

ਅੰਮ੍ਰਿਤਸਰ : ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੀ ਏਆਈ ਤਕਨੀਕ ਨਾਲ ਤਿਆਰ ਕੀਤੀ ਗਈ ਵੀਡੀਓ ਵਾਇਰਲ ਹੋਣ ਕਾਰਨ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਇਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਪ੍ਰਤੀਕਰਮ ਦਿੰਦਿਆਂ ਸਰਕਾਰਾਂ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਧਾਰਮਿਕ ਭਾਵਨਾਵਾਂ ਨਾਲ ਛੇੜਛਾੜ

ਜਥੇਦਾਰ ਗੜਗੱਜ ਨੇ ਕਿਹਾ ਕਿ ਅਜਿਹੀਆਂ ਵੀਡੀਓਆਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਂਦੀਆਂ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕੁਝ ਲੋਕ ਏਆਈ ਤਕਨੀਕ ਦੀ ਗਲਤ ਵਰਤੋਂ ਕਰਕੇ ਪਵਿੱਤਰ ਸਥਾਨ ਦੀ ਬੇਅਦਬੀ ਕਰਨ ਵਾਲੀ ਸਮੱਗਰੀ ਬਣਾਕੇ ਵਾਇਰਲ ਕਰ ਰਹੇ ਹਨ, ਜੋ ਬਿਲਕੁਲ ਨਿੰਦਣਯੋਗ ਹੈ।

ਸਰਕਾਰ ਦੀ ਚੁੱਪ ‘ਤੇ ਸਵਾਲ

ਜਥੇਦਾਰ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਆਂ ਬਣਾਕੇ ਸਿੱਖ ਭਾਈਚਾਰੇ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ “ਸਰਕਾਰਾਂ ਵੱਡੇ-ਵੱਡੇ ਦਾਅਵੇ ਤਾਂ ਕਰਦੀਆਂ ਹਨ ਪਰ ਜਦੋਂ ਗੱਲ ਧਾਰਮਿਕ ਭਾਵਨਾਵਾਂ ਦੀ ਆਉਂਦੀ ਹੈ ਤਾਂ ਕੋਈ ਐਕਸ਼ਨ ਨਹੀਂ ਲਿਆ ਜਾਂਦਾ। ਨਾ ਕੇਂਦਰ ਸਰਕਾਰ ਨੇ ਕਦਮ ਚੁੱਕਿਆ ਹੈ ਅਤੇ ਨਾ ਹੀ ਪੰਜਾਬ ਸਰਕਾਰ ਇਸਨੂੰ ਗੰਭੀਰਤਾ ਨਾਲ ਲੈ ਰਹੀ ਹੈ।”

ਏਆਈ ਮਾਹਰਾਂ ਨੂੰ ਅਪੀਲ

ਜਥੇਦਾਰ ਗੜਗੱਜ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੇ ਆਈਟੀ ਸੈਲ ਰਾਹੀਂ ਤੁਰੰਤ ਕਾਰਵਾਈ ਕੀਤੀ ਜਾਵੇ, ਤਾਂ ਜੋ ਅਜਿਹੀ ਹਰਕਤ ਮੁੜ੍ਹ ਨਾ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਿੱਖ ਨੌਜਵਾਨ ਤਕਨੀਕੀ ਮਾਹਰਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ, ਤਾਂ ਜੋ ਇਸ ਕਾਰਵਾਈ ਦੇ ਪਿੱਛੇ ਸ਼ਾਮਲ ਤੱਤਾਂ ਦੀ ਪਛਾਣ ਹੋ ਸਕੇ। ਉਨ੍ਹਾਂ ਨੇ ਐਸਜੀਪੀਸੀ ਨੂੰ ਵੀ ਸਲਾਹ ਦਿੱਤੀ ਕਿ ਜਲਦੀ ਹੀ ਏਆਈ ਵਿਸ਼ੇਸ਼ਗਿਆਨਾਂ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ।

Leave a Reply

Your email address will not be published. Required fields are marked *